ਚੰਡੀਗੜ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੱਲ੍ਹ 30 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਅੰਮਿ੍ਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨਾਂ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਵੀ ਸਕਦੇ ਹਨ।

ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ।ਉਨਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ।

ਧਾਲੀਵਾਲ ਨੇ ਅੱਗੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ, 19 ਦਸੰਬਰ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 74 ਮਾਮਲੇ ਅਤੇ 23 ਦਸੰਬਰ ਨੂੰ ਲੁਧਿਆਣਾ ਵਿਖੇ 170 ਮਾਮਲੇ ਅਤੇ 26 ਦਸੰਬਰ ਨੂੰ ਮੋਗਾ ਵਿਖੇ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।

Leave a Reply