ਚੰਡੀਗੜ੍ਹ: ਕਾਂਗਰਸ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਪਣ-ਬਿਜਲੀ ਉਤਪਾਦਨ ‘ਤੇ ਜਲ ਸੈੱਸ ਲਗਾਉਣ ਦੇ ਪ੍ਰਸਤਾਵ ‘ਤੇ ਪੰਜਾਬ ਵੱਲੋਂ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਲੀਡਰਸ਼ਿਪ ਨੂੰ ਗੁਆਂਢੀ ਸੂਬੇ ਵਿੱਚ ਆਪਣੀ ਸਰਕਾਰ ‘ਤੇ ਦਬਾਅ ਬਣਾਉਣ ਲਈ ਕਿਹਾ ਹੈ ਕਿ ਉਹ ਇਸ ਪੰਜਾਬ ਵਿਰੋਧੀ ਕਾਰਵਾਈ ਨੂੰ ਤੁਰੰਤ ਵਾਪਸ ਲੈਣ।

ਪਾਰਟੀ ਹੈੱਡਕੁਆਰਟਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ, ਬੁਲਾਰੇ ਨੀਲ ਗਰਗ ਅਤੇ ਗੋਬਿੰਦਰ ਮਿੱਤਲ ਨੇ ਕਾਂਗਰਸ ਸਰਕਾਰ ਦੇ ਇਸ ਕਦਮ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਕਾਂਗਰਸ ਲੀਡਰਸ਼ਿਪ ਦਾ ਪੰਜਾਬ ਵਿਰੋਧੀ ਸਟੈਂਡ ਇੱਕ ਵਾਰ ਫਿਰ ਉਜਾਗਰ ਹੋ ਗਿਆ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਅਤੇ ਹੋਰ ਸੂਬਾਈ ਲੀਡਰਸ਼ਿਪ ਦੀ ਆਪਣੀ ਕਾਂਗਰਸ ਸਰਕਾਰ ਦੀ ਇਸ ਪੰਜਾਬ ਵਿਰੋਧੀ ਕਾਰਵਾਈ ‘ਤੇ ਚੁੱਪੀ ਸਾਧਣ ਲਈ ਆਲੋਚਨਾ ਕਰਦੇ ਹੋਏ ‘ਆਪ’ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਆਗੂਆਂ ਦੇ ਇਸ ਰਵੱਈਏ ਨੇ ਇਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਵਿਰੋਧੀ ਅਤੇ ਪੰਜਾਬ ਦੇ ਹਿੱਤਾਂ ਨੂੰ ਕਮਜ਼ੋਰ ਕਰਨ ਵਾਲਾ ਕੰਮ ਕੀਤਾ ਹੈ। ਸੂਬੇ ਅਤੇ ਸੂਬੇ ਦੇ ਲੋਕਾਂ ਨੂੰ ਨਜ਼ਰਅੰਦਾਜ਼ ਕਰ ਉਨ੍ਹਾਂ ਦਾ ਇੱਕੋ-ਇੱਕ ਏਜੰਡਾ ਆਪਣੇ ਖਜ਼ਾਨੇ ਨੂੰ ਭਰਨਾ ਹੈ।

ਉਨ੍ਹਾਂ ਕਿਹਾ ਕਿ ਜਿਵੇਂ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਪਹਾੜੀ ਰਾਜ ਵਿੱਚ ਹਾਈਡਰੋ ਪ੍ਰੋਜੈਕਟ ਵੀ ਇਸ ਦੇ ਦਾਇਰੇ ਵਿੱਚ ਆਉਣਗੇ, ਪ੍ਰਸਤਾਵਿਤ ਬਿੱਲ ਪੰਜਾਬ ‘ਤੇ ਵਾਧੂ ਵਿੱਤੀ ਬੋਝ ਪਾਵੇਗਾ ਅਤੇ ਮੌਜੂਦਾ ਪੰਜਾਬ ਸਰਕਾਰ, ਜੋ ਪਹਿਲਾਂ ਹੀ ਪਿਛਲੀਆਂ ਸਰਕਾਰਾਂ ਦੁਆਰਾ ਪੈਦਾ ਕੀਤੀ ਵਿੱਤੀ ਗੜਬੜ ਤੋਂ ਉਭਾਰ ਕੇ ਉਹ ਸੂਬੇ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ਲਈ ਸੰਘਰਸ਼ ਕਰ ਰਹੇ ਹਨ, ਦੀਆਂ ਕੋਸ਼ਿਸ਼ਾਂ ਨੂੰ ਧੱਕਾ ਲੱਗੇਗਾ।

Leave a Reply