ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਉਠਾਇਆ। ਰਾਘਵ ਚੱਢਾ ਨੇ ਕਿਹਾ ਕਿ ਜਦੋਂ ਕੁਝ ਸਾਲ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਗਿਆ ਸੀ ਤਾਂ ਸਿੱਖ ਸੰਗਤਾਂ ਸਮੇਤ ਸਾਰੇ ਦੇਸ਼ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਸੀ।

ਚੱਢਾ ਨੇ ਕਿਹਾ ਕਿ ਹਰ ਕੋਈ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਚਾਹੁੰਦਾ ਹੈ, ਪਰ ਸ਼ਰਧਾਲੂਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਹਿਲੀ ਸਮੱਸਿਆ ਪਾਸਪੋਰਟ ਦੀ ਹੈ। ਤੁਹਾਡੇ ਕੋਲ ਪਾਸਪੋਰਟ ਹੋਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਲ ਪਾਸਪੋਰਟ ਨਹੀਂ ਹੈ ਤਾਂ ਤੁਸੀਂ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਨਹੀਂ ਜਾ ਸਕਦੇ। ਭਾਰਤ ਸਰਕਾਰ ਨੂੰ ਇਹ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ।

ਦੂਸਰੀ ਸਮੱਸਿਆ ਇਹ ਹੈ ਕਿ ਹਰ ਸ਼ਰਧਾਲੂ ਨੂੰ ਉੱਥੇ ਜਾਣ ਲਈ 20 ਡਾਲਰ ਯਾਨੀ ਲਗਭਗ 1600 ਰੁਪਏ ਦੀ ਫੀਸ ਅਦਾ ਕਰਨੀ ਪੈਂਦੀ ਹੈ। ਜੇਕਰ ਪਰਿਵਾਰ ਦੇ 5 ਮੈਂਬਰ ਹਰ ਸਾਲ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸਾਲ ਦੇ 8 ਹਜ਼ਾਰ ਰੁਪਏ ਖਰਚ ਕਰਨੇ ਪੈਣਗੇ। ਇਸ ਫੀਸ ਵਸੂਲੀ ਨੂੰ ਬੰਦ ਕੀਤਾ ਜਾਵੇ ਤਾਂ ਜੋ ਸੰਗਤਾਂ ਆਰਾਮ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਣ।

ਤੀਜੀ ਸਮੱਸਿਆ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਨਾਲ ਸਬੰਧਤ ਹੈ, ਜੋ ਕਿ ਇਸ ਵੇਲੇ ਕਾਫੀ ਗੁੰਝਲਦਾਰ ਹੈ। ਇਸ ਨੂੰ ਸਰਲ ਬਣਾਇਆ ਜਾਵੇ ਤਾਂ ਜੋ ਸੰਗਤਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦਾ ਸਮਾਂ ਬਰਬਾਦ ਨਾ ਹੋਵੇ। ਚੱਢਾ ਨੇ ਕਿਹਾ ਕਿ ਇਕ ਵਾਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ ਤਾਂ ਸੰਗਤਾਂ ਨੂੰ ਗੁਰੂ ਦੇ ਦਰਸ਼ਨ ਲਈ ਜਾਣ ਦੀ ਆਸਾਨੀ ਹੋ‌ ਜਾਵੇਗੀ।

ਇਤਿਹਾਸ ਦੇ ਲਿਹਾਜ਼ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬਹੁਤ ਮਹੱਤਵਪੂਰਨ ਹੈ। ਇਹ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਤੀਰਥ ਸਥਾਨ ਹੈ। ਇਹ ਮੰਨਿਆ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ 22 ਸਤੰਬਰ 1539 ਨੂੰ ਇਸ ਸਥਾਨ ‘ਤੇ ਆਪਣਾ ਸਰੀਰ ਛੱਡਿਆ ਸੀ। ਉਨ੍ਹਾਂ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਉਸ ਪਵਿੱਤਰ ਧਰਤੀ ‘ਤੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਵੰਡ ਤੋਂ ਬਾਅਦ, ਇਹ ਗੁਰਦੁਆਰਾ ਪਾਕਿਸਤਾਨ ਦੇ ਹਿੱਸੇ ਵਿੱਚ ਚਲਾ ਗਿਆ, ਪਰ ਇਹ ਅੱਜ ਵੀ ਦੋਵਾਂ ਦੇਸ਼ਾਂ ਲਈ ਆਸਥਾ ਦੇ ਸਭ ਤੋਂ ਵੱਡੇ ਕੇਂਦਰਾਂ ਵਿੱਚੋਂ ਇੱਕ ਹੈ।

Leave a Reply