ਜਲੰਧਰ: ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ‘ਆਪ’ ਵਿਵਾਦ ਦਾ ਸਮਾਨਾਰਥੀ ਬਣ ਗਈ ਹੈ।

ਕਾਂਗਰਸ ਦੇ ਸੀਨੀਅਰ ਆਗੂ ਨੇ ਕਿਹਾ ਕਿ ਇਹ ਇੱਕ ਹੋਰ ਦਿਨ ਸੀ ਅਤੇ ‘ਆਪ’ ਦਾ ਇੱਕ ਹੋਰ ਆਗੂ ਗ਼ਲਤ ਕਾਰਨਾਂ ਕਰ ਕੇ ਸੁਰਖ਼ੀਆਂ ਵਿਚ ਸੀ। ਇਸ ਵਾਰ ਇਹ ਪੰਜਾਬ ਦੇ “ਅਸਲ” ਅਤੇ ਸੁਪਰ ਮੁੱਖ ਮੰਤਰੀ ਰਾਘਵ ਚੱਢਾ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਰਾਘਵ ਚੱਢਾ ਦਾ ਨਾਮ ਲਿਆ ਹੈ।

ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੰਜਾਬ ਦਾ ਨਕਲੀ ਮੁੱਖ ਮੰਤਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਸਲ ਵਿੱਚ ਮੁੱਖ ਮੰਤਰੀ ਦਾ ਦਫ਼ਤਰ ਰਾਜ ਸਭਾ ਦੇ ਸੰਸਦ ਮੈਂਬਰ ਰਾਘਵ ਚੱਢਾ ਸੰਭਾਲ ਰਹੇ ਹਨ।

“ਪਹਿਲਾਂ ਪਹਿਲ ਇਹ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਨ। ਹੁਣ ਇਸੇ ਮਾਮਲੇ ਵਿੱਚ ‘ਆਪ’ ਦੇ ਰਾਜ ਸਭਾ ਐਮਪੀ ਰਾਘਵ ਦਾ ਨਾਮ ਆਇਆ ਹੈ। ਮੈਂ ਹੈਰਾਨ ਹਾਂ ਕਿ ਅਗਲਾ ਨਾਮ ਕਿਸ ਦਾ ਹੋਣ ਜਾ ਰਿਹਾ ਹੈ। ਕੀ ਇਹ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਹੋਣ ਜਾ ਰਹੇ ਹਨ? ਕੌਣ ਜਾਣਦਾ ਹੈ?” ਬਾਜਵਾ ਨੇ ਕਿਹਾ।

ਬਾਜਵਾ ਨੇ ਇੱਕ ਨਿਊਜ਼ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮਨੀਸ਼ ਸਿਸੋਦੀਆ ਦੇ ਸਾਬਕਾ ਸਕੱਤਰ ਸੀ ਅਰਵਿੰਦ ਨੇ ਈਡੀ ਨੂੰ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਇੱਕ ਮੀਟਿੰਗ ਹੋਈ ਸੀ, ਜਿਸ ਵਿਚ ਚੱਢਾ ਵੀ ਸ਼ਾਮਲ ਹੋਏ ਸਨ। ਸੀ ਅਰਵਿੰਦ ਨੇ ਬਿਆਨ ਵਿੱਚ ਇਹ ਵੀ ਕਿਹਾ ਕਿ ਮੀਟਿੰਗ ਵਿੱਚ ਪੰਜਾਬ ਦੇ ਸੀਨੀਅਰ ਆਈ ਏ ਐੱਸ ਅਫਸਰ ਅਤੇ ਪੰਜਾਬ ਆਬਕਾਰੀ ਵਿਭਾਗ ਦੇ ਕਈ ਹੋਰ ਅਧਿਕਾਰੀ ਸ਼ਾਮਲ ਹੋਏ।

“ਇਸ ਤੋਂ ਬਾਅਦ, ਮੈਂ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਬੇਨਤੀ ਕਰਦਾ ਹਾਂ ਕਿ ਉਹ ਪੰਜਾਬ ਦੀ ਸ਼ਰਾਬ ਨੀਤੀ ਦੀ ਜਾਂਚ ਜਾਰੀ ਰੱਖੇ ਤਾਂ ਜੋ ਇਸ ਨੂੰ ਤਰਕਪੂਰਨ ਅੰਤ ਤੱਕ ਲਿਆਂਦਾ ਜਾ ਸਕੇ। ਈਡੀ ਨੂੰ ਇਸ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ 2022-23 ਲਈ ਪੰਜਾਬ ਦੀ ਸ਼ਰਾਬ ਨੀਤੀ ਦੀ ਪੂਰੀ ਜਾਂਚ ਕਰਨੀ ਚਾਹੀਦੀ ਹੈ”, ਬਾਜਵਾ ਨੇ ਅੱਗੇ ਕਿਹਾ।

Leave a Reply