ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੀਤੀਆਂ ਜਾ ਰਹੀਆਂ ਖਤਰਨਾਕ ਕੋਸ਼ਿਸ਼ਾਂ ਖਿਲਾਫ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਾਲਾਤ ਨਾਲ ਨਜਿੱਠਣ ਦੀ ਬਜਾਏ ਉਨ੍ਹਾਂ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੀ ਹੈ।

ਵਿਧਾਨ ਸਭਾ ਦੇ ਬਾਹਰ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਅੰਦਰ ਉੱਠ ਰਹੀਆਂ ਖਾਲਿਸਤਾਨੀ ਆਵਾਜ਼ਾਂ ਨੂੰ ਵਿਧਾਨ ਸਭਾ ‘ਚ ਉਠਾਉਣਾ ਅਤੇ ਚਰਚਾ ਕਰਨਾ ਚਾਹੁੰਦੀ ਸੀ, ਪਰ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਕੁਝ ਲੋਕ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਲਈ ਸ਼ਹੀਦੀ ਅਤੇ ਸ਼ਹਾਦਤ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭੜਕਾਊ ਭਾਸ਼ਣ ਦਿੱਤੇ ਜਾ ਰਹੇ ਹਨ ਅਤੇ ‘ਆਪ’ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ 1981 ਵਿੱਚ ਹਾਈਜੈਕ ਕੀਤੇ ਗਏ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਦੀ ਬਰਸੀ ਮੌਕੇ 29 ਸਤੰਬਰ ਨੂੰ ਹੁਸ਼ਿਆਰਪੁਰ ਵਿੱਚ ‘ਆਜ਼ਾਦੀ ਮਾਰਚ’ ਕੱਢਿਆ ਗਿਆ ਸੀ। ਉਨ੍ਹਾਂ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਕਿਸ ਤਰ੍ਹਾਂ ਸੂਬੇ ਭਰ ਦੀਆਂ ਵੱਖ-ਵੱਖ ਇਮਾਰਤਾਂ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਪਾਏ ਗਏ ਹਨ। ਹੈਰਾਨੀ ਦੀ ਗੱਲ ਹੈ ਕਿ ‘ਆਪ’ ਸਰਕਾਰ ਅਜਿਹਾ ਕਿਉਂ ਹੋਣ ਦੇ ਰਹੀ ਹੈ।

ਵੜਿੰਗ ਨੇ ਇਸ ਮਾਮਲੇ ‘ਤੇ ‘ਆਪ’ ਸਰਕਾਰ ਦੀ ਚੁੱਪੀ ਵਿਰੁੱਧ ਚੇਤਾਵਨੀ ਦਿੰਦੇ ਹੋਏ, ਕਿਹਾ ਕਿ ਇਹ 1980 ਅਤੇ 1990 ਦੇ ਕਾਲੇ ਦੌਰ ਦੀ ਯਾਦ ਦਿਵਾਉਂਦਾ ਹੈ। ਅਸੀਂ ਉਸ ਕਾਲੇ ਦੌਰ ਵਿੱਚ ਬਹੁਤ ਕੁਝ ਸਹਿਣ ਕੀਤਾ ਹੈ ਅਤੇ ਅਸੀਂ ਉਨ੍ਹਾਂ ਦਿਨਾਂ ਨੂੰ ਦੁਬਾਰਾ ਨਹੀਂ ਦੇਖਣਾ ਚਾਹੁੰਦੇ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਬਦੌਲਤ ਹੀ ਪੰਜਾਬ ਵਿੱਚ ਸ਼ਾਂਤੀ ਬਹਾਲ ਹੋਈ ਹੈ। ਇਸ ਦੌਰਾਨ ਉਨ੍ਹਾਂ ਨਾਲ ਬੈਠੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਆਗੂਆਂ ਅਤੇ ਇਨ੍ਹਾਂ ਦੇ ਪਰਿਵਾਰਾਂ ਦੀਆਂ ਕੁਰਬਾਨੀਆਂ ਸਦਕਾ ਹੀ ਪੰਜਾਬ ਵਿੱਚ ਸ਼ਾਂਤੀ ਪਰਤੀ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ‘ਆਪ’ ਦਾ ਉਸ ਸਮੇਂ ਕੋਈ ਵਜੂਦ ਵੀ ਨਹੀਂ ਸੀ ਅਤੇ ਇਸੇ ਕਰਕੇ ਇਹ ਇਨ੍ਹਾਂ ਗਤੀਵਿਧੀਆਂ ਕਾਰਨ ਪੰਜਾਬ ਦੀ ਸ਼ਾਂਤੀ ਨੂੰ ਪੈਦਾ ਹੋਏ ਖਤਰੇ ਅਤੇ ਚੁਣੌਤੀ ਨੂੰ ਨਹੀਂ ਸਮਝ ਸਕਦੇ ਹਨ।

Leave a Reply