ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੱਜ ਅਧਿਕਾਰਤ ਤੌਰ ‘ਤੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਆਲੋਚਨਾ ਕੀਤੀ ਅਤੇ ਦੋਸ਼ ਲਗਾਇਆ ਕਿ ਕੈਪਟਨ ਨੇ ਆਪਣੇ ਸਿਆਸੀ ਕਰੀਅਰ ਖਾਤਰ ਦਹਾਕਿਆਂ ਤੱਕ ਪੰਜਾਬ ਅਤੇ ਪੰਜਾਬੀਆਂ ਨੂੰ ਧੋਖਾ ਦਿੱਤਾ।

ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਲਈ ਇਹ ਸ਼ਰਮਨਾਕ ਗੱਲ ਹੈ ਕਿਉਂਕਿ ਭਾਜਪਾ ਦੇ ਕੌਮੀ ਪ੍ਰਧਾਨ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਸਮੇਤ ਸੀਨੀਅਰ ਆਗੂਆਂ ਨੇ ਵੀ ਉਨ੍ਹਾਂ ਦੇ ਰਸਮੀ ਤੌਰ ’ਤੇ ਸ਼ਾਮਲ ਹੋਣ ਦੇ ਸਮਾਗਮ ਨੂੰ ਤਰਜੀਹ ਨਹੀਂ ਦਿੱਤੀ, ਜੋ ਆਮ ਤੌਰ ’ਤੇ ਹੋਰ ਛੋਟੇ ਲੀਡਰਾਂ ਲਈ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੁੰਦੇ ਹਨ।

ਕੰਗ ਨੇ ਕਿਹਾ, “ਭਾਜਪਾ ਨੇ ਕੈਪਟਨ ਨੂੰ ਉਨ੍ਹਾਂ ਦੀ ਅਸਲੀ ਥਾਂ ਦਿਖਾ ਦਿੱਤੀ ਹੈ। ਕੈਪਟਨ ਤਿੰਨ ਕਾਲੇ ਖੇਤੀ ਬਿੱਲਾਂ ਦੀ ਵਕਾਲਤ ਕਰਨ ਵਾਲੇ ਅਤੇ ਪੰਜਾਬੀਆਂ ਨੂੰ ਦੇਸ਼ ਵਿਰੋਧੀ ਕਹਿਣ ਵਾਲੇ ਭਾਜਪਾ ਦੇ ਨਰਿੰਦਰ ਤੋਮਰ ਨਾਲ ਰਲ ਗਏ। ਇਸ ਨੇ ਕੈਪਟਨ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ ਕਿ ਉਹ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਦੇ ਰਹੇ ਹਨ।”

ਭਾਜਪਾ ‘ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਭਾਜਪਾ ਕਾਂਗਰਸ ਦਾ ‘ਕੂੜਾ’ ਇਕੱਠਾ ਕਰ ਰਹੀ ਹੈ ਪਰ ਇਹ ਪੰਜਾਬ ‘ਚ ਉਨ੍ਹਾਂ ਦਾ ਕੋਈ ਫਾਇਦਾ ਨਹੀਂ ਕਰੇਗਾ। ਕੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਪੰਜਾਬ ਦੀ ਭਲਾਈ ਲਈ ਕੰਮ ਨਹੀਂ ਕੀਤਾ ਸਗੋਂ ਆਪਣੇ ਸਿਆਸੀ ਹਿੱਤਾਂ ਲਈ ਕਾਂਗਰਸ ਦੇ ਮੁੱਖ ਮੰਤਰੀ ਬਣਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਸ਼ ਕਰਦੇ ਰਹੇ ਅਤੇ ਹੁਣ ਉਹ ਆਪਣੇ ਸਾਥੀ ਲੁਟੇਰਿਆਂ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ।

*ਲੁਫਥਾਂਸਾ ਏਅਰਲਾਈਨ ਵੱਲੋਂ ਮੁੱਖ ਮੰਤਰੀ ਮਾਨ ਨੂੰ ਜਹਾਜ਼ ਤੋਂ ਉਤਾਰੇ ਜਾਣ ਦੀਆਂ ਖਬਰਾਂ‌ ਦਾ ਖੰਡਨ , ‘ਆਪ’ ਨੇ ਵਿਰੋਧੀ ਧਿਰ ‘ਤੇ ਬੋਲਿਆ ਹਮਲਾ*

ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਮਲਵਿੰਦਰ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਗਾਏ ਝੂਠੇ ਅਤੇ ਬੇਤੁਕੇ ਦੋਸ਼ਾਂ ਲਈ ਉਨ੍ਹਾਂ ਦੀ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਉਹ ਤੁਰੰਤ ਬਿਨਾਂ ਸ਼ਰਤ ਮੁਆਫੀ ਮੰਗਣ।

ਕੰਗ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਵਿਰੋਧੀ ਧਿਰ ਦੇ ਆਗੂ ਬਿਨਾਂ ਤੱਥਾਂ ਦੀ ਪੜਤਾਲ ਕੀਤੇ ਹੀ ਮੁੱਖ ਮੰਤਰੀ ਮਾਨ ‘ਤੇ ਦੋਸ਼ ਲਗਾ ਰਹੇ ਹਨ।

ਉਨ੍ਹਾਂ ਕਿਹਾ, “ਲੁਫਥਾਂਸਾ ਏਅਰਲਾਈਨਜ਼ ਨੇ ਖੁਦ ਸਾਰਾ ਮਾਮਲਾ ਸਪੱਸ਼ਟ ਕਰ ਦਿੱਤਾ ਹੈ, ਸੁਖਬੀਰ ਬਾਦਲ ਅਤੇ ਪ੍ਰਤਾਪ ਬਾਜਵਾ ਨੂੰ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ।”

ਇੱਕ ਉਪਭੋਗਤਾ ਨੂੰ ਜਵਾਬ ਵਿੱਚ ਲੁਫਥਾਂਸਾ ਏਅਰਲਾਈਨਜ਼ ਨੇ ਸਪੱਸ਼ਟ ਕੀਤਾ, “ਫਰੈਂਕਫਰਟ ਤੋਂ ਦਿੱਲੀ ਲਈ ਸਾਡੀ ਉਡਾਣ ਪਿੱਛੋਂ ਦੇਰੀ ਨਾਲ ਆਉਣ ਵਾਲੀ ਇੱਕ ਉਡਾਣ ਅਤੇ ਜਹਾਜ਼ ਬਦਲਣ ਕਾਰਨ ਮਿੱਥੇ ਸਮੇਂ ਨਾਲੋਂ ਦੇਰੀ ਨਾਲ ਰਵਾਨਾ ਹੋਈ।”

Leave a Reply