ਚੰਡੀਗੜ: ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸੂਬੇ ਭਰ ਵਿੱਚ ਇੱਕੋ ਸਮੇਂ ‘ਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਛੁਪਣਗਾਹਾਂ ‘ਤੇ ਘੇਰਾਬੰਦੀ ਤੇ ਤਲਾਸ਼ੀ ਆਪ੍ਰੇਸ਼ਨ (ਸੀਏਐਸਓ) ਚਲਾਇਆ ਗਿਆ।

ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇਸ (ਸੀ.ਏ.ਐਸ.ਓ.) ਆਪ੍ਰੇਸ਼ਨ ਨੂੰ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਅੰਜਾਮ ਦਿੱਤਾ ਗਿਆ ਸੀ, ਜਿਸ ਵਿੱਚ, ਐਨ.ਆਈ.ਏ. ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਗੈਂਗਸਟਰਾਂ ਦੇ 58 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜਦਕਿ, ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ 143 ਟਿਕਾਣਿਆਂ ‘ਤੇ ਤਲਾਸ਼ੀ ਤੇ ਤਫ਼ਤੀਸ਼ ਆਪ੍ਰੇਸ਼ਨ (ਸੀ.ਏ.ਐਸ.ਓ. ) ਚਲਾਇਆ । ਇਸ ਦੌਰਾਨ ਪੰਜਾਬ ਪੁਲਿਸ ਦੀਆਂ ਘੱਟੋ-ਘੱਟ 125 ਪਾਰਟੀਆਂ, ਜਿਨਾਂ ਵਿੱਚ 1200 ਤੋਂ ਵੱਧ ਪੁਲਿਸ ਮੁਲਾਜਮ ਸ਼ਾਮਲ ਸਨ, ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਪੀਜ/ਐਸਐਸਪੀਜ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਨਿੱਜੀ ਤੌਰ ‘ਤੇ ਇਨਾਂ ਛਾਪੇਮਾਰੀਆਂ ਦੀ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਦੀ ਨਫ਼ਰੀ ਤਿਆਰ ਕੀਤੀ ਜਾਵੇ ਤਾਂ ਜੋ ਇੱਕੋ ਸਮੇਂ ਵੱਖ- ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਸਕੇ। ਉਨਾਂ ਕਿਹਾ ਕਿ ਹਾਲ ਹੀ ਵਿੱਚ ਗਿ੍ਰਫਤਾਰ ਕੀਤੇ ਗਏ ਗੈਂਗਸਟਰਾਂ ਅਤੇ ਅਪਰਾਧੀਆਂ ਦੀ ਪੁੱਛਗਿੱਛ ਤੋਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।

ਹੋਰ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਘਰਾਂ ਅਤੇ ਹੋਰ ਅਹਾਤਿਆਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ ਹੈ, ਅਤੇ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਉਪਕਰਣਾਂ ਤੋਂ ਡੇਟਾ ਵੀ ਇਕੱਤਰ ਕੀਤਾ ਗਿਆ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਅਪਰਾਧੀਆਂ/ਗੈਂਗਸਟਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੀ ਕਿਹਾ ਗਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਜੇਲ ਵਿੱਚ ਹੈ, ਜਮਾਨਤ ‘ਤੇ ਹੈ, ਬਰੀ ਹੋ ਗਿਆ ਹੈ ਜਾਂ ਭਗੌੜਾ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਹੋਰ ਪੜਤਾਲ ਲਈ ਕਈ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਦੇ ਕਬਜੇ ਚੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ। ਇਸ ਸਬੰਧ ਵਿੱਚ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਗਈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਗਈ । ਇਸ ਤੋਂ ਇਲਾਵਾ, ਅਗਲੇਰੀ ਜਾਂਚ ਲਈ ਵਿਦੇਸ਼ ਅਧਾਰਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਸਬੰਧੀ ਵੇਰਵੇ ਇਕੱਠੇ ਕੀਤੇ ਗਏ। ਪੁਲਿਸ ਟੀਮਾਂ ਨੇ ਛੁਪਣਗਾਹਾਂ ‘ਤੇ ਤਾਇਨਾਤ ਵਾਹਨਾਂ ਦੀ ਵੀ ਜਾਂਚ ਕੀਤੀ ਅਤੇ ‘ਵਾਹਨ’ ਮੋਬਾਈਲ ਐਪ ਰਾਹੀਂ ਉਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੀ ਪੁਸਟੀ ਕੀਤੀ ।

ਜ਼ਿਕਰਯੋਗ ਹੈ ਕਿ ਅਪ੍ਰੇਸ਼ਨ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤਾਰਪੀਡੋ ਕਰਨਾ ਸੀ, ਜੋ ਕਿ ਸੂਬੇ ਦੀ ਸਖਤ ਮਿਹਨਤ ਨਾਲ ਪ੍ਰਾਪਤ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ। ਅਜਿਹੇ ਛਾਪੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਪੁਲਿਸ ਦਾ ਡਰ ਪੈਦਾ ਕਰਨ ਵਿੱਚ ਵੀ ਮਦਦ ਕਰਦੇ ਹਨ।

Leave a Reply