ਜਲੰਧਰ: ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਜਿਮਨੀ ਚੋਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਨੂੰ ਵੋਟਾਂ ਵਾਲੇ ਦਿਨ ਸਮੁੱਚੇ 1972 ਪੋਲਿੰਗ ਬੂਥਾਂ ਦੀ ਸੌ ਫੀਸਦੀ ਵੈਬਕਾਸਟਿੰਗ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸਾਰੇ ਪੋਲਿੰਗ ਬੂਥਾਂ ਦੀ ਵੈਬਕਾਸਟਿੰਗ ਦੇ ਟੀਚੇ ਨੂੰ ਹਾਸਲ ਕਰਨ ਲਈ ਸਾਰੀਆਂ ਪੋਲਿੰਗ ਲੋਕੇਸ਼ਨਾਂ ‘ਤੇ ਕੁੱਲ 2138 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਵੈਬਕਾਸਟਿੰਗ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸੀ.ਟੀ. ਇੰਸਟੀਚਿਊਟ ਮਕਸੂਦਾਂ ਵਿਖੇ ਸਥਾਪਤ ਜ਼ਿਲ੍ਹਾ ਪੱਧਰੀ ਵੈਬਕਾਸਟਿੰਗ ਕੰਟਰੋਲ ਰੂਮ ਦਾ ਨਿਰੀਖਣ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੰਟਰੋਲ ਰੂਮ ਵਿਖੇ ਕੁੱਲ 81 ਡੈਸਕਟਾਪ ਕੰਪਿਊਟਰ ਅਤੇ ਪੰਜ ਪ੍ਰਾਜੈਕਟਰ ਲਗਾਏ ਗਏ ਹਨ, ਜਿਨ੍ਹਾਂ ਦੀ ਵਰਤੋਂ ਪੋਲਿੰਗ ਸਟੇਸ਼ਨਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ 1972 ਪੋਲਿੰਗ ਬੂਥਾਂ ਵਿੱਚੋਂ ਹਲਕਾ ਫਿਲੌਰ ’ਚ 242 ਪੋਲਿੰਗ ਸਟੇਸ਼ਨ, ਨਕੋਦਰ ’ਚ 252, ਸ਼ਾਹਕੋਟ ’ਚ 250, ਕਰਤਾਰਪੁਰ ’ਚ 228, ਜਲੰਧਰ ਪੱਛਮੀ ’ਚ 183, ਜਲੰਧਰ ਕੇਂਦਰੀ ’ਚ 186, ਜਲੰਧਰ ਉੱਤਰੀ ’ਚ 196, ਜਲੰਧਰ ਛਾਉਣੀ ’ਚ 218 ਅਤੇ ਆਦਮਪੁਰ ਵਿਖੇ 217 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇੰਟਰਨੈੱਟ ਸੁਵਿਧਾ ਵਾਲੇ ਸੀ.ਸੀ.ਟੀ.ਵੀ. ਕੈਮਰੇ ਰਾਊਟਰਾਂ ਅਤੇ ਵਾਈਫਾਈ ਸਿਗਨਲਾਂ ਨਾਲ ਲੈਸ ਹਨ, ਜੋ ਕੰਟਰੋਲ ਰੂਮ ਵਿੱਚ ਵੈਬਕਾਸਟਿੰਗ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਮੁੱਖ ਚੋਣ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ, ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣ ਅਬਜ਼ਰਵਰ ਲਾਈਵ ਸਟ੍ਰੀਮਿੰਗ ਰਾਹੀਂ ਪੋਲਿੰਗ ਸਟੇਸ਼ਨਾਂ ਦੀਆਂ ਗਤੀਵਿਧੀਆਂ ਨੂੰ ਦੇਖ ਸਕਦੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਮਨੀ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਦੇ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪੋਲਿੰਗ ਲੋਕੇਸ਼ਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਮਾਈਕਰੋ ਅਬਜ਼ਰਵਰ ਵੀ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸ਼ਾਂਤੀਪੂਰਵਕ ਅਤੇ ਨਿਰਵਿਘਨ ਲੋਕ ਸਭਾ ਜਿਮਨੀ ਚੋਣਾਂ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ।

Leave a Reply