ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ‘ਤੇ ਫੁੱਟ ਪਾਊ ਸਿਆਸਤ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਲ-ਪਲ ਦੀ ਜਾਣਕਾਰੀ ਮਿਲ ਰਹੀ ਹੈ ਕਿਉਂਕਿ ਉਹ ਸੂਬੇ ਵਿੱਚ ਵਾਪਰ ਰਹੀਆਂ ਸਾਰੀਆਂ ਘਟਨਾਵਾਂ ‘ਤੇ ਸਖ਼ਤ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸੂਬਾ ਸਰਕਾਰ ਵਿਰੁੱਧ ਕੋਈ ਮੁੱਦਾ ਨਾ ਹੋਣ ਕਰਕੇ ਇਹ ਸਿਆਸੀ ਪਾਰਟੀਆਂ ਨੀਵੇਂ ਪੱਧਰ ਉੱਤੇ ਆ ਕੇ ਘਟੀਆ ਹਥਕੰਡੇ ਅਪਣਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਆਸੀ ਲਾਹਾ ਖੱਟਣ ਲਈ ਵਿਰੋਧੀ ਧਿਰਾਂ ਫਿਰਕਾਪ੍ਰਸਤੀ ਨੂੰ ਤੂਲ ਦੇ ਕੇ ਅੱਗ ਨਾਲ ਖੇਡ ਰਹੀਆਂ ਹਨ।

ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਨਾਪਾਕ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦਾ ਮਾਰਗ ਦਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਮੇਸ਼ਾ ਹੀ ਸਮਾਜ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਿਚ ਵਿਸ਼ਵਾਸ ਪ੍ਰਗਟਾਇਆ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਨੇ ਤਿੰਨ ਕਰੋੜ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ‘ਤੇ ਕਿਸੇ ਨੂੰ ਵੀ ਮਾੜੀ ਅੱਖ ਨਹੀਂ ਰੱਖਣ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਸੂਬਾ ਸਰਕਾਰ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Leave a Reply