ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਫੈਸਲਾ ਲੈਂਦੇ ਹੋਏ ਵਡੇਰੇ ਜਨਤਕ ਹਿੱਤ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਮੌਜੂਦਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰਨ ਦਾ ਐਲਾਨ ਕੀਤਾ।

ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਸਮਾਂ-ਸਾਰਣੀ 2 ਮਈ ਤੋਂ ਲਾਗੂ ਹੋਵੇਗਾ ਅਤੇ 15 ਜੁਲਾਈ ਤੱਕ ਲਾਗੂ ਰਹੇਗਾ।। ਉਨ੍ਹਾਂ ਕਿਹਾ ਕਿ ਆਉਣ ਵਾਲੇ ਗਰਮੀ ਦੇ ਮੌਸਮ ਵਿੱਚ ਭਿਆਨਕ ਗਰਮੀ ਦੇ ਮੱਦੇਨਜ਼ਰ ਇਹ ਫੈਸਲਾ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਆਪਣੇ ਕੰਮ ਸੌਖੇ ਢੰਗ ਨਾਲ ਕਰਵਾਉਣ ਦੇ ਉਦੇਸ਼ ਨਾਲ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਸਾਰੀਆਂ ਸਬੰਧਤ ਧਿਰਾਂ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ ਤਾਂ ਜੋ ਸਾਰਿਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਮ ਵਿਅਕਤੀ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰ ਦੇ ਸਮੇਂ ਆਪਣਾ ਕੰਮ ਕਰਵਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਵੀ ਸਹੂਲਤ ਮਿਲੇਗੀ ਕਿਉਂਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਸਮਾਜਿਕ ਕਾਰਜਾਂ ਵਿੱਚ ਸ਼ਾਮਲ ਹੋ ਸਕਣਗੇ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਮੁਲਾਜ਼ਮ ਆਪਣੇ ਬੱਚਿਆਂ ਨਾਲ ਵੀ ਵੱਧ ਸਮਾਂ ਬਿਤਾ ਸਕਣਗੇ ਕਿਉਂ ਜੋ ਬੱਚਿਆਂ ਨੂੰ ਵੀ ਓਸੇ ਵੇਲੇ ਸਕੂਲ ਤੋਂ ਛੁੱਟੀ ਹੋ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ ‘ਤੇ ਲਾਗੂ ਹੋਵੇਗਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਲਗਭਗ 300-350 ਮੈਗਾਵਾਟ ਬਿਜਲੀ ਦੀ ਬੱਚਤ ਕਰਨ ਵਿੱਚ ਵੀ ਮਦਦ ਮਿਲੇਗੀ ਕਿਉਂਕਿ ਬਿਜਲੀ ਦਾ ਵੱਡਾ ਹਿੱਸਾ ਸਰਕਾਰੀ ਦਫਤਰਾਂ ਵਿੱਚ ਖਪਤ ਹੋ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਅੰਕੜਿਆਂ ਅਨੁਸਾਰ ਪਾਵਰਕਾਮ ਉੱਤੇ ਪੀਕ ਲੋਡ ਦਿਨ ਵਿੱਚ ਦੁਪਹਿਰ ਇਕ ਵਜੇ ਤੋਂ ਬਾਅਦ ਸ਼ੁਰੂ ਹੋ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਸਮਾਂ-ਸਾਰਣੀ ਇਹ ਵੀ ਯਕੀਨੀ ਬਣਾਏਗਾ ਕਿ ਲੋਕ ਵੱਧ ਤੋਂ ਵੱਧ ਸੂਰਜ ਦੀ ਰੌਸ਼ਨੀ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਕਈ ਦੇਸ਼ਾਂ ਵਿੱਚ ਲੋਕ ਮੌਸਮ ਦੇ ਅਨੁਕੂਲ ਆਪਣੀਆਂ ਘੜੀਆਂ ਐਡਜਸਟ ਕਰਦੇ ਹਨ ਤਾਂ ਜੋ ਉਹ ਧੁੱਪ ਦੀ ਵੱਧ ਤੋਂ ਵੱਧ ਵਰਤੋਂ ਕਰ ਸਕਣ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਹੋਰ ਨਾਗਰਿਕ ਕੇਂਦਰਿਤ ਫੈਸਲੇ ਲਵੇਗੀ।

Leave a Reply