ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪ੍ਰਵਾਸੀ ਭਾਰਤੀਆਂ (ਐਨਆਰਆਈਜ਼) ਦੀ ਮਿਹਨਤ ਦੀ ਕਮਾਈ ਨੂੰ ਸਰਕਾਰੀ ਸਮਾਗਮਾਂ ਦੇ ਆਯੋਜਨ ਲਈ ਵਰਤਣ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ।

ਬਾਜਵਾ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਵਿਦੇਸ਼ਾਂ ਵਿੱਚ ਵੱਸਦੇ ਵੱਡੀ ਗਿਣਤੀ ਭਾਰਤੀਆਂ ਨੂੰ ਦਰਪੇਸ਼ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੁੰਦੀ ਹੈ ਤਾਂ ਸੂਬਾ ਸਰਕਾਰ ਤਾਂ ਸੂਬਾ ਸਰਕਾਰ ਖ਼ਰਚ ਦਾ ਇੰਤਜ਼ਾਮ ਖ਼ੁਦ ਕਰੇ। ਬਾਜਵਾ ਨੇ ਕਿਹਾ ਪ੍ਰਵਾਸੀਆਂ ਦੀ ਮਿਹਨਤ ਦੀ ਕਮਾਈ ਦੀ ਵਰਤੋਂ ਕਰਨ ਦੀ ਬਜਾਏ ਮੀਟਿੰਗਾਂ ਅਤੇ ਸੰਮੇਲਨਾਂ ਦਾ ਆਯੋਜਨ ਕਰਨ ਲਈ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਸੀ।

ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਦੇ ਖਾਤੇ ਵਿੱਚੋਂ 10 ਲੱਖ ਰੁਪਏ ਕਢਵਾਏ ਜੋ ਕਿ ਬਿਲਕੁਲ ਗੈਰ ਕਾਨੂੰਨੀ ਹੈ। ਜਲੰਧਰ ਦੀ ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਪਹਿਲਾਂ ਹੀ ਮੰਨਿਆ ਹੈ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਪੰਜ ਵੱਖ-ਵੱਖ ਥਾਵਾਂ ‘ਤੇ ਕਰਵਾਏ ਜਾ ਰਹੇ ਸਮਾਗਮਾਂ ‘ਐਨ.ਆਰ.ਆਈਜ਼ ਪੰਜਾਬੀਆਂ ਨਾਲ ਮਿਲਣੀ’ ਲਈ ਐਨਆਰਆਈ ਸਭਾ ਦੇ ਖਾਤੇ ਵਿੱਚੋਂ ਪੈਸੇ ਕਢਵਾਉਣ ਦੇ ਹੁਕਮ ਮਿਲੇ ਹਨ।

ਬਾਜਵਾ ਨੇ ਕਿਹਾ ਕਿ ਨਾ ਤਾਂ ਐਨਆਰਆਈ ਸਭਾ ਸੂਬਾ ਸਰਕਾਰ ਦੀ ਹੈ ਅਤੇ ਨਾ ਹੀ ਇਸ ਨੂੰ ਪੰਜਾਬ ਸਰਕਾਰ ਤੋਂ ਕੋਈ ਗਰਾਂਟ ਮਿਲਦੀ ਹੈ।

ਬਾਜਵਾ ਨੇ ਕਿਹਾ ਕਿ ਅਜਿਹੇ ਹਾਲਾਤ ‘ਚ ਪੰਜਾਬ ਸਰਕਾਰ ਆਪਣੇ ਸਮਾਗਮ ਕਰਵਾਉਣ ਲਈ ਐਨਆਰਆਈ ਸਭਾ ਤੋਂ ਪੈਸੇ ਕਿਵੇਂ ਕਢਵਾ ਸਕਦੀ ਹੈ, ਜੋ ਕਿ ਬਿਲਕੁਲ ਗੈਰ-ਕਾਨੂੰਨੀ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਦੇ ਵੀ ਰਾਜ ਸਰਕਾਰਾਂ ਨੇ ਸੰਮੇਲਨ ਕਰਵਾਉਣ ਲਈ ਐਨਆਰਆਈ ਸਭਾ ਦਾ ਇੱਕ ਪੈਸਾ ਵੀ ਨਹੀਂ ਵਰਤਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹੀ ਬੇਸ਼ਰਮੀ ਨਾਲ ਲੁੱਟ ਕਿਵੇਂ ਕਰ ਸਕਦੀ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ।

Leave a Reply