ਜਲੰਧਰ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲੂ ਚੰਦ ਕਟਾਰੂਚੱਕ ਦਾ ਬਚਾਅ ਕਿਉਂ ਕਰ ਰਹੇ ਹਨ ਜਦੋਂ ਕਿ ਪੁਲਿਸ ਜਾਂਚ ਨੇ ਇਹ ਖੁਲ੍ਹਾਸਾ ਕੀਤਾ ਹੈ ਕਿ ਮੰਤਰੀ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨ ਨਾਲ ਬਦਫੈਲੀ ਕਰਨ ਦੀ ਵੀਡੀਓ ਅਸਲੀ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਹੁਣ ਇਹ ਸਾਹਮਣੇ ਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਨੇ ਇਕ ਨੌਜਵਾਨ ਨੂੰ ਸਰਕਾਰੀ ਨੌਕਰੀ ਦੁਆਉਣ ਦੇ ਨਾਂ ’ਤੇ ਬਦਫੈਲੀ ਕੀਤੀ ਹੈ। ਉਹਨਾਂ ਕਿਹਾ ਕਿ ਜੋ ਵੀਡੀਓ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਸੀ, ਉਸਦੇ ਸਹੀ ਹੋਣ ਦੀ ਗੱਲ ਪ੍ਰਮਾਣਤ ਹੋ ਗਈ ਹੈ।ਉਹਨਾਂ ਕਿਹਾ ਕਿ ਇਸਦੇ ਬਾਵਜੂਦ ਮੁੱਖ ਮੰਤਰੀ ਕਟਾਰੂਚੱਕ ਦੀ ਹਮਾਇਤ ਕਰ ਰਹੇ ਹਨ ਜਿਸ ਕਾਰਨ ਕਟਾਰੂਚੱਕ ਵੱਲੋਂ ਪੀੜਤ ਕੀਤਾ ਗਿਆ ਵਿਅਕਤੀ ਲੁੱਕਣ ਲਈ ਮਜਬੂਰ ਹੋ ਗਿਆ ਹੈ।

ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ’ਬਦਲਾਅ ਵਾਲੀ ਸਰਕਾਰ’ ਦੇ ਅਨੇਕਾਂ ਆਗੂ ਤੇ ਵਿਧਾਇਕ ਭ੍ਰਿਸ਼ਟਾਚਾਰ ਦੇ ਮਾਮਲਿਆਂ ਤੇ ਘਿਨੌਣੇ ਅਪਰਾਧ ਵਿਚ ਸ਼ਾਮਲ ਹਨ ਅਤੇ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਜਲਾਲਾਬਾਦ ਦੇ ਵਿਧਾਇਕ ਗੋਲਡੀ ਬਰਾੜ ਦੇ ਪਿਤਾ ਨੂੰ ਦੇਹ ਵਪਾਰ ਦੇ ਧੰਦੇ ਵਿਚ ਸ਼ਾਮਲ ਪਾਇਆ ਗਿਆ ਤੇ ਉਹ ਪੀੜਤਾਂ ਨੂੰ ਬਲੈਕਮੇਲ ਵੀ ਕਰਦੇ ਆ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਇਹ ਵੀ ਵੇਖਿਆ ਹੈ ਕਿ ਕਿਵੇਂ ਸਾਬਕਾ ਮੰਤਰੀ ਵਿਜੇ ਸਿੰਗਲਾ ਤੇ ਫੌਜਾ ਸਿੰਘ ਸਰਾਰੀ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਖਾਰਜ ਕਰ ਦਿੱਤੇ ਗਏ ਹਨ ਤੇ ਹੁਣ ਤੱਕ ਉਹਨਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।

ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਉਸ ਟੀ ਵੀ ਪੱਤਰਕਾਰ ਭਾਵਨਾ ਕਿਸ਼ੋਰ ਦੇ ਖਿਲਾਫ ਕੇਸ ਦਰਜ ਕਰਨ ਵਿਚ ਫੁਰਤੀ ਵਿਖਾਈ ਹੈ ਜਿਸਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 45 ਕਰੋੜ ਰੁਪਏ ਖਰਚ ਕੇ ਸਰਕਾਰੀ ਬੰਗਲਾ ਨਵੇਂ ਸਿਰੇ ਤੋਂ ਬਣਾਉਣ ਦਾ ਖੁਲ੍ਹਾਸਾ ਕੀਤਾ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਉਹਨਾਂ ਕਲਾਕਾਰਾਂ ਤੇ ਬੁੱਧੀਜੀਵੀਆਂ ਖਿਲਾਫ ਵੀ ਕੇਸ ਦਰਜ ਕੀਤੇ ਗਏ ਜਿਹਨਾਂ ਸੱਚ ਬੋਲਣ ਦੀ ਦਲੇਰੀ ਵਿਖਾਈ ਤੇ ਅਨੇਕਾਂ ਵੈਬ ਚੈਨਲਾਂ ’ਤੇ ਇਸ ਕਰ ਕੇ ਪਾਬੰਦੀ ਲਗਾਈ ਗਈ ਕਿਉਂਕਿ ਉਹਨਾਂ ਆਪ ਸਰਦਾਰ ਦੇ ਪ੍ਰਾਪੇਗੰਡੇ ਨੂੰ ਨਹੀਂ ਵਿਖਾਇਆ।

Leave a Reply