ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਬਾਹਰਲੇ ਲੋਕ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਕਰਨਾ ਚਾਹੁੰਦੇ ਹਨ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਠਪੁਤਲੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਸੂਬੇ ਦੀ ਵਾਗਡੋਰ ਬਾਹਰਲਿਆਂ ਦੇ ਹੱਥ ਸੌਂਪ ਦਿੱਤੀ ਹੈ ਜਿਸ ਕਾਰਨ ਸੂਬੇ ਵਿਚ ਹਫੜਾ ਦਫੜੀ ਮਚੀ ਹੋਈ ਹੈ।

ਇਥੇ ਸ਼ਹਿਰ ਵਿਚ ਰਾਮ ਨੌਮੀ ਦੇ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨ ਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਚ ਵਰਕਰਾਂ ਦੀ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਸੂਬੇ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਨੇ ਆਪ ਸਰਕਾਰ ਦੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਨਿਰਦੋਸ਼ ਸਿੱਖ ਨੌਜਵਾਨਾਂ ਖਿਲਾਫ ਵਧੀਕੀਆਂ ਕਰਨ ਦੇ ਹੁਕਮ ਦਿੱਤੇ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅਕਾਲੀ ਦਲ ਦੇ ਯਤਨਾਂ ਨਾਲ 100 ਤੋਂ ਵਧੇਰੇ ਨੌਜਵਾਨ ਰਿਹਾਅ ਹੋਏ ਹਨ ਤੇ ਉਹਨਾਂ ਸਮੂਹ ਪੰਜਾਬੀਆਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਆਪ ਸਰਕਾਰ ਨੂੰ ਹਿਰਾਸਤ ਵਿਚ ਲਏ ਸਿੱਖ ਨੌਜਵਾਨ ਰਿਹਾਅ ਕਰਨ ਵਾਸਤੇ ਮਜਬੂਰ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਸੂਬੇ ਨੂੰ ਮੁੜ ਕਾਲੇ ਦੌਰ ਵਿਚ ਨਾ ਧੱਕਣ। ਉਹਨਾਂ ਕਿਹਾ ਕਿ ਉਸ ਵੇਲੇ ਕਾਂਗਰਸ ਸਰਕਾਰ ਨੇ ਸੌੜੇ ਸਿਆਸੀ ਹਿੱਤਾਂ ਵਾਸਤੇ ਧਰੁਵੀਕਰਨ ਦੀ ਰਾਜਨੀਤੀ ਖੇਡੀ ਤੇ ਸਾਡੀ ਹੀ ਧਰਤੀ ਨੂੰ ਸਾਡੇ ਭੈਣ ਭਰਾਵਾਂ ਦੇ ਖੂਨ ਨਾਲ ਰੰਗ ਦਿੱਤਾ ਸੀ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਧਰੁਵੀਕਰਨ ਦੀ ਰਾਜਨੀਤੀ ਦਾ ਹਿੱਸਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਲੋਕਾਂ ਦੀ ਭਲਾਈਵਾਸਤੇ ਕੰਮ ਕਰਨਾ ਚਾਹੀਦਾ ਹੈ ਨਾ ਕਿ ਇਕੱਲਿਆਂ ਅਰਵਿੰਦ ਕੇਜਰੀਵਾਲ ਦੀ ਭਲਾਈ ਵਾਸਤੇ ਕੰਮ ਕਰਨਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਨ, ਕਿਸਾਨਾਂ ਨੂੰ ਮੁਫਤ ਬਿਜਲੀ ਦੇਣ, ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ, ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕਰਨ, ਵਿਸ਼ਵ ਪੱਧਰੀ ਸੜਕ ਤੇ ਹਵਾਈ ਬੁਨਿਆਦੀ ਢਾਂਚਾ ਸਿਰਜਣ ਤੇ ਸਿੱਖਿਆ ਤੇ ਸਿਹਤ ਖੇਤਰ ਵਿਚ ਵੱਡੇ ਸੁਧਾਰ ਲਿਆਉਣ ਲਈ ਜਾਣੀ ਜਾਂਦੀ ਸੀ। ਉਹਨਾਂ ਕਿਹਾ ਕਿ ਇਹ ਬਹੁਤਹੀ ਨਿੰਦਣਯੋਗ ਗੱਲ ਹੈ ਕਿ ਸਾਰੇ ਵਿਕਾਸ ਕਾਰਜ ਠੱਪ ਹੋ ਗਏ ਹਨ ਤੇ ਆਪ ਸਰਕਾਰ ਨੇ ਪਿਛਲੇ ਇਕ ਸਾਲ ਵਿਚ ਇਕ ਵੀ ਬੁਨਿਆਦੀ ਢਾਂਚਾ ਪ੍ਰਾਜੈਕਟ ਸ਼ੁਰੂ ਨਹੀਂ ਕੀਤਾ।

ਉਹਨਾਂ ਕਿਹਾ ਕਿ ਬਜਾਏ ਕੁਝ ਵੀ ਉਸਾਰੂ ਕਰਨ ਦੇ ਆਪ ਸਰਕਾਰ ਨੇ ਸੂਬੇ ਨੂੰ ਗੈਂਗਸਟਰਾਂ ਹਵਾਲੇ ਕਰ ਦਿੱਤਾ ਤੇ ਕਾਨੂੰਨ ਤੇ ਵਿਵਸਥਾ ਦੀ ਹਾਲਾਤ ਸਭ ਤੋਂ ਹੇਠਲੇ ਪੱਧਰ ’ਤੇ ਹੈ। ਉਹਨਾਂ ਕਿਹਾ ਕਿ ਜਲੰਧਰ ਦੇ ਵੋਟਰ ਇਸ ਭ੍ਰਿਸ਼ਟ ਤੇ ਘੁਟਾਲਿਆਂ ਨਾਂਲ ਭਰੀ ਸਰਕਾਰ ਨੂੰ ਅਗਲੇ ਮਹੀਨੇ ਹੋ ਰਹੀ ਸੰਸਦੀ ਸੀਟ ਦੀ ਜ਼ਿਮਨੀ ਚੋਣ ਵਿਚ ਸਬਕ ਸਿਖਾਉਣਗੇ।

 

Leave a Reply