ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਨੌਜਵਾਨਾਂ ਵਿੱਚ ਸਵੈ-ਵਿਸ਼ਵਾਸ ਦੀ ਭਾਵਨਾ ਭਰਨ ਉਤੇ ਧਿਆਨ ਕੇਂਦਰਤ ਕਰ ਕੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਇੱਥੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿੱਚ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਸੂਬੇ ਦਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਇਸ ਸ਼ਕਤੀ ਨੂੰ ਸਹੀ ਤਰੀਕੇ ਨਾਲ ਸਿੱਖਿਅਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਤਾਕਤ ਦੀ ਸੁਚੱਜੀ ਵਰਤੋਂ ਲਈ ਉਨ੍ਹਾਂ ਦੀ ਸਮਰੱਥਾ ਵਧਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਵਿਕਾਸ ਲਈ ਉਹ ਆਪਣੀਆਂ ਸੇਵਾਵਾਂ ਦੀ ਬਿਹਤਰੀਨ ਤਰੀਕੇ ਨਾਲ ਵਰਤੋਂ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਯੂਨੀਵਰਸਿਟੀਆਂ ਸਿੱਖਿਆ ਦੇ ਮੰਦਰ ਹਨ ਅਤੇ ਨੌਜਵਾਨਾਂ ਨੂੰ ਭਵਿੱਖ ਦੇ ਲੀਡਰ ਬਣਨ ਲਈ ਉਤਸ਼ਾਹਤ ਕਰਨ ਵਾਸਤੇ ਇਨ੍ਹਾਂ ਮੰਦਰਾਂ ਦੀ ਸਹੀ ਵਰਤੋਂ ਜ਼ਰੂਰੀ ਹੈ।

ਵਿਦਿਆਰਥੀਆਂ ਨੂੰ ਹੁਨਰਮੰਦ ਕਰਨ ਲਈ ਮਿਆਰੀ ਸਿੱਖਿਆ ਦੇਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ ਉਤੇ ਨਿਵੇਸ਼ ਕਰਨ ਲਈ ਆ ਰਹੇ ਸਨਅਤਕਾਰਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਦੀ ਬੇਹੱਦ ਜ਼ਿਆਦਾ ਜ਼ਰੂਰਤ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਨਰ ਸਿੱਖਿਆ ਰਾਹੀਂ ਸੂਬੇ ਕੋਲ ਹੁਨਰਮੰਦ ਮਨੁੱਖੀ ਸ਼ਕਤੀ ਦਾ ਅਜਿਹਾ ਭੰਡਾਰ ਹੋਵੇਗਾ, ਜਿਸ ਤੋਂ ਸਨਅਤਕਾਰਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਹੁਨਰ ਸਿੱਖਿਆ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਨਵੇਂ ਰਸਤੇ ਖੋਲ੍ਹੇਗੀ, ਜਿਸ ਨਾਲ ਉਹ ਆਪਣਾ ਜੀਵਨ ਮਾਣ ਤੇ ਸਤਿਕਾਰ ਨਾਲ ਬਸਰ ਕਰਨ ਦੇ ਯੋਗ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਮੋਹਾਲੀ ਵਿੱਚ ਇਨੋਵੇਸ਼ਨ ਸੈਂਟਰ ਸਥਾਪਤ ਕੀਤਾ ਹੈ, ਜੋ ਸੂਬੇ ਦੇ ਨੌਜਵਾਨਾਂ ਦੇ ਬਹੁ-ਪੱਖੀ ਵਿਕਾਸ ਲਈ ਸਹਾਈ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਭਵਿੱਖੀ ਚੁਣੌਤੀਆਂ ਤੇ ਜੀਵਨ ਵਿੱਚ ਸਫ਼ਲਤਾ ਦੇ ਯੋਗ ਬਣਾ ਰਿਹਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਕੇਂਦਰ ਨੌਜਵਾਨਾਂ ਦੀ ਅਥਾਹ ਸ਼ਕਤੀ ਦੀ ਸਹੀ ਦਿਸ਼ਾ ਵਿੱਚ ਵਰਤੋਂ ਯਕੀਨੀ ਬਣਾਏਗਾ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੀਕੇ ਵਿੱਚ ਸਰਗਰਮ ਭਾਈਵਾਲ ਬਣਨਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੇਕਰਸਪੇਸ (ਵਿਚਾਰਾਂ ਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ) ਦਾ ਸੰਕਲਪ ਪੇਸ਼ ਕਰਨ ਉਤੇ ਵੀ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਜਰਮਨੀ ਦੇ ਆਪਣੇ ਹਾਲੀਆ ਦੌਰੇ ਦੌਰਾਨ ਇਸ ਪ੍ਰਾਜੈਕਟ ਦਾ ਅਧਿਐਨ ਕੀਤਾ ਸੀ। ਉਨ੍ਹਾਂ ਕਿਹਾ ਕਿ ਮੇਕਰਸਪੇਸ ਸਾਰਿਆਂ ਲਈ ਸਿਰਜਣਾ ਦੇ ਨਵੇਂ ਤਰੀਕੇ ਵਿਹਾਰਕ ਤੌਰ ਉਤੇ ਸਿੱਖਣ ਦਾ ਮੌਕਾ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਜਣਾ ਦੇ ਖੇਤਰ ਵਿੱਚ ਨੌਜਵਾਨਾਂ ਦੇ ਛੁਪੇ ਹੁਨਰ ਨੂੰ ਸਾਹਮਣੇ ਲਿਆਉਣ ਲਈ ਇਹ ਮੇਕਰਸਪੇਸ 3ਡੀ ਡਿਜ਼ਾਈਨਿੰਗ ਤੇ ਪ੍ਰਿੰਟਿੰਗ, ਆਡੀਓ-ਵਿਜ਼ੂਅਲ ਉਪਕਰਨ ਅਤੇ ਹੋਰ ਵਿਹਾਰਕ ਤਕਨੀਕਾਂ ਦੀਆਂ ਸਹੂਲਤਾਂ ਨਾਲ ਲੈਸ ਹੋਵੇਗਾ।

ਇਕ ਹੋਰ ਮੁੱਦੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ ਤੇ ਜੂਨ ਮਹੀਨੇ ਦੌਰਾਨ ਜੀ-20 ਸੰਮੇਲਨ ਦੇ ਦੋ ਸੈਸ਼ਨ ਹੋਣਾ ਸਮੇਂ ਲਈ ਚੰਗਾ ਸ਼ਗਨ ਹੈ। ਉਨ੍ਹਾਂ ਕਿਹਾ ਕਿ ਮਾਰਚ ਵਿੱਚ ਹੋਣ ਵਾਲਾ ਸੰਮੇਲਨ ਸਿੱਖਿਆ ਦੇ ਮੁੱਦੇ ਉਤੇ ਹੋ ਰਿਹਾ ਹੈ। ਇਸ ਲਈ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਮੇਲਨ ਵਿੱਚ ਭਾਗ ਲੈਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੰਮੇਲਨ ਆਲਮੀ ਮੁੱਦਿਆਂ ਬਾਰੇ ਵਿਦਿਆਰਥੀਆਂ ਦੀ ਸੋਚ ਦਾ ਘੇਰਾ ਮੋਕਲਾ ਕਰ ਕੇ ਉਨ੍ਹਾਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਲਿਆਏਗਾ।

Leave a Reply