ਚੰਡੀਗੜ੍ਹ: ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫਤ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (ਸ਼ੁੱਕਰਵਾਰ) ਨੂੰ ਲੁਧਿਆਣਾ ਵਿਖੇ 80 ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਸੂਬੇ ਵਿੱਚ ਤਕਰੀਬਨ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹੋ ਜਾਣਗੇ। ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਵਿੱਚ 100 ਕਲੀਨਿਕ ਸਮਰਪਿਤ ਕੀਤੇ ਗਏ ਸਨ ਅਤੇ ਦੂਜੇ ਪੜਾਅ ਵਿੱਚ 404 ਅਤੇ ਹੁਣ 80 ਕਲੀਨਿਕ ਸੂਬੇ ਦੀ ਸੇਵਾ ਵਿੱਚ ਸਮਰਪਿਤ ਕੀਤੇ ਜਾਣਗੇ। ਆਮ ਆਦਮੀ ਕਲੀਨਿਕ ਮੁੱਖ ਮੰਤਰੀ ਦਾ ਸੁਪਨਮਈ ਪ੍ਰੋਜੈਕਟ ਹੈ, ਜੋ ਕਿ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਉਨ੍ਹਾਂ ਦੀ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਾਰਗਰ ਸਿੱਧ ਹੋ ਰਹੇ ਹਨ।

ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਹੁਣ ਤੱਕ ਸੂਬਾ ਭਰ ਵਿੱਚ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਜਾ ਕੇ ਇਲਾਜ ਕਰਵਾ ਚੁੱਕੇ ਹਨ। ਇਸੇ ਤਰ੍ਹਾਂ ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਕਿਸਮ ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ 1.78 ਲੱਖ ਮਰੀਜ਼ ਇਹ ਟੈਸਟ ਕਰਵਾ ਚੁੱਕੇ ਹਨ।

ਇਸ ਤੋਂ ਇਲਾਵਾ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਉਨ੍ਹਾਂ ਦਾ ਪ੍ਰਭਾਵੀ ਢੰਗ ਨਾਲ ਮੁਕਾਬਲਾ ਕਰਨ ਲਈ ਡਾਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਮਦਦ ਕੀਤੀ ਹੈ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਬੁਲਾਰੇ ਨੇ ਦੱਸਿਆ ਕਿ ਦਵਾਈਆਂ ਦੀ ਜ਼ਿਆਦਾ ਵਰਤੋਂ ਬੀ.ਪੀ., ਸ਼ੂਗਰ, ਚਮੜੀ ਦੀਆਂ ਬਿਮਾਰੀਆਂ, ਵੱਖ ਵੱਖ ਮੌਸਮ ਦੌਰਾਨ ਫੈਲਦੀਆਂ ਬਿਮਾਰੀਆਂ ਜਿਵੇਂ ਵਾਇਰਲ ਬੁਖਾਰ ਅਤੇ ਹੋਰਾਂ ਲਈ ਹੁੰਦੀ ਹੈ।

 

Leave a Reply