ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਖਣਨ ਵਿਭਾਗ ਦੇ ਅਧਿਕਾਰੀ ਇਸ ਵਚਨਬੱਧਤਾ ਨੂੰ ਪੂਰਾ ਕਰਨਾ ਯਕੀਨੀ ਬਣਾਉਣ।

ਇਹ ਗੱਲ ਖਣਨ ਤੇ ਭੂ ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਨਵੇਂ ਮਿਲੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਉਹ ਵਿਭਾਗ ਦੀ ਸਮੀਖਿਆ ਮੀਟਿੰਗ ਨਿਰੰਤਰ ਕਰਦੇ ਰਹਿਣਗੇ ਅਤੇ ਸਾਰੇ ਕੰਮਕਾਜ ਦਾ ਲਗਾਤਾਰ ਜਾਇਜ਼ਾ ਲੈਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਿਭਾਗ ਇਹ ਯਕੀਨੀ ਬਣਾਏ ਕਿ ਲੋਕਾਂ ਨੂੰ ਲੋੜੀਂਦੀ ਰੇਤਾ ਬਜਰੀ ਵਾਜਬ ਕੀਮਤਾਂ ਉੱਤੇ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਖਣਨ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਤ ਹੇਅਰ ਨੇ ਮੀਟਿੰਗ ਦੌਰਾਨ ਬੰਦ ਪਏ ਕਰੱਸ਼ਰਾਂ ਦੀ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਭਾਗ ਨੂੰ ਸਾਰੇ ਕਰੱਸ਼ਰਾਂ ਸੰਬੰਧੀ ਪਾਵਰਕਾਮ ਦੇ ਅਧਿਕਾਰੀਆਂ ਨਾਲ ਮਿਲ ਕੇ ਬਿਜਲੀ ਕੁਨੈਕਸ਼ਨਾਂ ਬਾਰੇ ਸਾਂਝੀ ਰਿਪੋਰਟ ਦੇਣ ਨੂੰ ਕਿਹਾ। ਇਸੇ ਤਰ੍ਹਾਂ ਕਰੱਸ਼ਰਾਂ ਦੇ ਕਿਊ ਫ਼ਾਰਮ ਸੰਬੰਧੀ ਰੋਜ਼ਾਨਾ ਆਧਾਰਿਤ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ।

ਖਣਨ ਮੰਤਰੀ ਨੇ ਰੇਤੇ ਦੀਆਂ ਖੱਡਾਂ ਸੰਬੰਧੀ ਵਾਤਾਵਰਣ ਕਲੀਅਰੈਂਸ ਲਈ ਕੀਤੀਆਂ ਜਾਂਦੀਆਂ ਲੋੜੀਂਦੀਆਂ ਰਸਮੀ ਕਾਰਵਾਈਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਆਖਿਆ। ਇਸ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਡੀ.ਐਸ.ਆਰਜ਼ ਨੂੰ ਸਮੇਂ ਸਿਰ ਤਿਆਰ ਕਰਨ ਦੇ ਆਦੇਸ਼ ਦਿੱਤੇ। ਰੇਤੇ ਤੇ ਬਜਰੀ ਨੂੰ ਆਨਲਾਈਨ ਵੇਚਣ ਲਈ ਲੋੜੀਂਦੇ ਕਦਮ ਚੁੱਕੇ ਜਾਣ।

Leave a Reply