ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮੰਡੀਆਂ ਵਿੱਚ ਵੱਧ ਕੀਮਤਾਂ ‘ਤੇ ਲੇਬਰ ਕਾਰਟੇਜ ਅਤੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਲੈਣ ਦੇ ਮਾਮਲੇ ਸਬੰਧੀ ਬਿਊਰੋ ਵੱਲੋਂ ਪਹਿਲਾਂ ਹੀ ਦਰਜ ਕੀਤੇ ਗਏ ਕੇਸ ਵਿੱਚ ਕਥਿਤ ਮੁਲਜ਼ਮ ਸ੍ਰੀ ਕ੍ਰਿਸ਼ਨਾ ਰਾਈਸ ਮਿੱਲ, ਸਵੱਦੀ, ਜ਼ਿਲ੍ਹਾ ਲੁਧਿਆਣਾ ਦੇ ਮਾਲਕ ਅਤੇ ਆੜਤੀ ਅਨਿਲ ਜੈਨ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਅਨਿਲ ਜੈਨ ਦੀ ਗ੍ਰਿਫ਼ਤਾਰੀ ਦੌਰਾਨ ਉਸ ਦੀ ਇਨੋਵਾ ਕਾਰ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਉਸਦੀ ਕਾਰ ਵਿੱਚੋਂ ਦਸਤਾਵੇਜ਼ਾਂ ਵਾਲਾ ਇੱਕ ਬ੍ਰੀਫਕੇਸ ਵੀ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਜਾਰੀ ਹੈ।

ਉਹਨਾਂ ਦੱਸਿਆ ਕਿ ਮੁਲਜ਼ਮ ਅਨਿਲ ਜੈਨ ਨੂੰ ਥਾਣਾ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰ. ਅਧੀਨ ਆਈ.ਪੀ.ਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਦਰਜ ਕੇਸ ਅਧੀਨ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਤੇਲੂ ਰਾਮ ਅਤੇ ਹੋਰ ਠੇਕੇਦਾਰ/ਟੈਂਡਰਕਾਰ ਵੀ ਸ਼ਾਮਲ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਤੇਲੂ ਰਾਮ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਧੋਤੀਵਾਲਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਸਾਰੇ ਨਿਆਂਇਕ ਹਿਰਾਸਤ ਵਿੱਚ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਨਿਲ ਜੈਨ ਨੂੰ ਬਾਅਦ ਵਿੱਚ ਜਾਂਚ ਦੌਰਾਨ ਨਾਮਜ਼ਦ ਕੀਤਾ ਗਿਆ ਸੀ ਅਤੇ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਹਨਾਂ ਅੱਗੇ ਦੱਸਿਆ ਕਿ ਹਾਈ ਕੋਰਟ ਵੱਲੋਂ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ ਵੀ ਖਾਰਜ ਕਰ ਦਿੱਤੀ ਗਈ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਆੜਤੀ ਅਨਿਲ ਜੈਨ ‘ਤੇ ਇਹ ਵੀ ਦੋਸ਼ ਹੈ ਕਿ ਉਹ ਯੂਪੀ, ਬਿਹਾਰ ਆਦਿ ਸੂਬਿਆਂ ਤੋਂ ਘੱਟ ਰੇਟ ‘ਤੇ ਝੋਨਾ ਲਿਆ ਕੇ ਆਪਣੇ ਰਾਈਸ ਸ਼ੈਲਰ ਵਿੱਚ ਰੱਖਦਾ ਸੀ ਅਤੇ ਇਸ ਨੂੰ ਸਰਕਾਰੀ ਕੋਟੇ ਨਾਲ ਖਰੀਦੇ ਕੇ ਅਪਣੇ ਸ਼ੈਲਰ ਵਿੱਚ ਰੱਖੇ ਝੋਨੇ ਵਿੱਚ ਰਲਾ ਕੇ ਵੇਚ ਦਿੰਦਾ ਸੀ। ਇਸ ਤਰਾਂ ਉਹ ਸੂਬੇ ਦੀ ਮਿਲਿੰਗ ਨੀਤੀ ਦੀ ਉਲੰਘਣਾ ਕਰਕੇ ਆਪਣੇ ਸ਼ੈਲਰ ਵਿੱਚ ਆਪਣੇ ਵੱਲੋਂ ਖਰੀਦਿਆ ਝੋਨਾ ਵੀ ਸਟੋਰ ਕਰਦਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਅਨਿਲ ਜੈਨ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਸਿੱਧਵਾਂ ਬੇਟ ਦੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਸਵੱਦੀ (ਪੱਛਮੀ) ਅਤੇ ਸਵੱਦੀ (ਪੂਰਬੀ) ਦੇ ਸਰਪੰਚਾਂ ਅਤੇ ਨਾਲ ਲੱਗਦੇ ਪਿੰਡਾਂ ਦੇ ਹੋਰ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਲਗਭਗ 6 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਪਿੰਡ ਸਵੱਦੀ ਕਲਾਂ ਵਿਖੇ ਉਸ ਦੇ ਸ਼ੈਲਰ ਤੋਂ ਕਾਬੂ ਕੀਤਾ। ਉਹਨਾਂ ਦੱਸਿਆ ਕਿ ਮੁਲਜ਼ਮ ਨੇ ਵਿਜੀਲੈਂਸ ਦੀ ਟੀਮ ਨੂੰ ਦੇਖਦਿਆਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਵਰਕਰਾਂ ਨੂੰ ਸ਼ੈਲਰ ਵਿੱਚ ਬੁਲਾ ਲਿਆ ਸੀ ਅਤੇ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਆਪਣੇ ਆਪ ਨੂੰ ਇੱਕ ਕਮਰੇ ਵਿੱਚ ਜਿੰਦਰਾ ਲਾ ਕੇ ਬੰਦ ਕਰ ਲਿਆ। ਬਹੁਤ ਸੂਝਬੂਝ ਨਾਲ ਵਿਜੀਲੈਂਸ ਟੀਮ ਨੇ ਉਸ ਨੂੰ ਉਪਰੋਕਤ ਜ਼ਿੰਮੇਵਾਰ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਕਮਰੇ ਦਾ ਦਰਵਾਜ਼ਾ ਤੋੜ ਕੇ ਕਾਬੂ ਕੀਤਾ।

Leave a Reply