ਜਲੰਧਰ: ਲੋਕ ਸਭਾ ਹਲਕੇ ਦੀ ਬੁੱਧਵਾਰ ਨੂੰ ਹੋਣ ਜਾ ਰਹੀ ਜਿਮਨੀ ਚੋਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਵਿੱਚ 9 ਪੋਲਿੰਗ ਸਟੇਸ਼ਨ ਅਜਿਹੇ ਸਥਾਪਤ ਕੀਤੇ ਗਏ ਹਨ, ਜਿਥੇ ਸਮੁੱਚਾ ਪ੍ਰਬੰਧਨ ਮਹਿਲਾ ਸਟਾਫ਼ ਵੱਲੋਂ ਕੀਤਾ ਜਾਵੇਗਾ। ਅਜਿਹਾ ਹੀ ਇਕ ‘ਵੂਮੈਨ ਓਨਲੀ’ ਪੋਲਿੰਗ ਸਟੇਸ਼ਨ ਜ਼ਿਲ੍ਹਾ ਪੱਧਰ ’ਤੇ ਸਥਾਨਕ ਐਚ.ਐਮ.ਵੀ. ਕਾਲਜ ਵਿਖੇ ਸਥਾਪਤ ਕੀਤਾ ਗਿਆ ਹੈ, ਜਿਥੇ ਸਮੁੱਚਾ ਮਹਿਲਾ ਸਟਾਫ਼ ਤਾਇਨਾਤ ਹੋਵੇਗਾ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਚ.ਐਮ.ਵੀ.ਕਾਲਜ ਵਿਖੇ ਸਥਾਪਤ ‘ਵੂਮੈਨ ਓਨਲੀ’ ਪੋਲਿੰਗ ਸਟੇਸ਼ਨ ਦਾ ਸਾਰਾ ਪ੍ਰਬੰਧ ਸਿਰਫ਼ ਮਹਿਲਾ ਟੀਮ ਵੱਲੋਂ ਕਰਨ ਦੇ ਨਾਲ-ਨਾਲ ਇਥੇ ਵੋਟਰਾਂ ਨੂੰ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਵੋਟਰਾਂ ਲਈ ਵੇਟਿੰਗ ਏਰੀਆ, ਰਿਫਰੈਸ਼ਮੈਂਟ, ਬੋਤਲ ਕਰੱਸ਼ਿੰਗ ਮਸ਼ੀਨ, ਮਨੋਰੰਜਨ ਲਈ ਐਲ.ਈ.ਡੀ. ਸਕਰੀਨਾਂ, ਕਰੈਚ, ਨੇਲ ਆਰਟ, ਹੈਲਪ ਡੈਸਕ ਅਤੇ ਹੋਰ ਸਹੂਲਤਾਂ ਸ਼ਾਮਿਲ ਹਨ।

ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨ ’ਤੇ ਪੀ.ਡਬਲਯੂ.ਡੀ. ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਵ੍ਹੀਲ ਚੇਅਰ ਅਤੇ ਈ-ਰਿਕਸ਼ਾ ਦਾ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੀ ਸਹਾਇਤਾ ਲਈ ਚੋਣ ਮਿੱਤਰ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨ ’ਤੇ ਵੋਟ ਪਾਉਣ ਲਈ ਆਉਣ ਵਾਲੀਆਂ ਮਹਿਲਾ ਵੋਟਰਾਂ ਦੇ ਛੋਟੇ ਬੱਚਿਆਂ ਨੂੰ ਸੰਭਾਲਣ ਲਈ ਕਰੈਚ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪਹਿਲ ਦਾ ਮਨੋਰਥ ਵੋਟਿੰਗ ਪ੍ਰਕਿਰਿਆ ਵਿੱਚ ਔਰਤਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਐਚ.ਐਮ.ਵੀ.ਕਾਲਜ ਵਿਖੇ ‘ਵੂਮੈਨ ਓਨਲੀ’ ਪੋਲਿੰਗ ਸਟੇਸ਼ਨ ਸਥਾਪਤ ਕਰਨ ਤੋਂ ਇਲਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਿਲੌਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਹਿਸੀਲ ਬਾਜ਼ਾਰ ਨਕੋਦਰ, ਸਰਕਾਰੀ ਐਲੀਮੈਂਟਰੀ ਸਕੂਲ ਸਾਬੋਵਾਲ, ਆਰੀਆ ਮਾਡਲ ਸਕੂਲ ਕਰਤਾਰਪੁਰ, ਮਿੰਟਗੁਮਰੀ ਗੁਰੂ ਨਾਨਕ ਪਬਲਿਕ ਸਕੂਲ ਆਦਰਸ਼ ਨਗਰ ਜਲੰਧਰ, ਡੇਵੀਏਟ ਇੰਸਟੀਚਿਊਟ ਕਬੀਰ ਨਗਰ ਜਲੰਧਰ, ਗੁਰੂ ਅਮਰਦਾਸ ਸਕੂਲ, ਜੂਨੀਅਰ ਵਿੰਗ ਗੁਰੂ ਤੇਗ ਬਹਾਦਰ ਨਗਰ ਜਲੰਧਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭੋਗਪੁਰ ਵਿਖੇ ਵੀ ਅਜਿਹੇ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦਾ ਪ੍ਰਬੰਧ ਮਹਿਲਾ ਸਟਾਫ਼ ਵੱਲੋਂ ਕੀਤਾ ਜਾਵੇਗਾ ਅਤੇ ਵੋਟਿੰਗ ਪ੍ਰਕਿਰਿਆ ਨੂੰ ਉਤਸ਼ਾਹਜਨਕ ਬਣਾਉਣ ਲਈ ਵੋਟਰਾਂ ਨੂੰ ਵਿਸ਼ੇਸ਼ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਦੌਰਾਨ ਸਹਾਇਕ ਕਮਿਸ਼ਨਰ (ਯੂ.ਟੀ.) ਮੇਜਰ ਡਾ. ਇਰਵਿਨ ਕੌਰ ਨੇ ਐਚ.ਐਮ.ਵੀ. ਕਾਲਜ ਵਿਖੇ ਸਥਾਪਤ ਵੂਮੈਨ ਓਨਲੀ ਪੋਲਿੰਗ ਸਟੇਸ਼ਨ ਦਾ ਦੌਰਾ ਕਰਦਿਆਂ ਉਥੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਵਿਸ਼ੇਸ਼ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਹੋਰ ਪਹਿਲ ਕਰਦਿਆਂ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਜਿਥੇ ਡਿਪਟੀ ਕਮਿਸ਼ਨਰ ਦੇ ਹਸਤਾਖਰਾਂ ਵਾਲੇ ਸਰਟੀਫਿਕੇਟ ਦਿੱਤੇ ਜਾਣਗੇ ਉਥੇ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਵੋਟ ਪਾਉਣ ’ਤੇ ਧੰਨਵਾਦ ਪੱਤਰ ਪ੍ਰਦਾਨ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਬੁੱਧਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Leave a Reply