ਚੰਡੀਗੜ੍ਹ: ਜਲੰਧਰ ਵਿੱਚ ਇਕੱਠ ਕਰਨ ਵਾਲੇ ਵਿਰੋਧੀ ਪਾਰਟੀਆਂ ਦੇ ਪੰਜਾਬ ਵਿਰੋਧੀ ਆਗੂਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ‘ਇਕੋ ਥਾਲੀ ਦੇ ਚੱਟੇ-ਵੱਟੇ, ਇਕ ਥਾਂ ਇਕੱਠੇ’ ਹੋਏ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜੋ ਕੋਈ ਵੀ ਇਨ੍ਹਾਂ ਸਿਆਸੀ ਪਾਰਟੀਆਂ ਦੇ ਇਤਿਹਾਸ ਬਾਰੇ ਜਾਣਦਾ ਹੈ, ਉਸ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਇਨ੍ਹਾਂ ਦੇ ਹੱਥ ਪੰਜਾਬ ਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਰਿਕਾਰਡ ਰਿਹਾ ਹੈ ਅਤੇ ਉਨ੍ਹਾਂ ਦੇ ਇਸ ਪੰਜਾਬ ਵਿਰੋਧੀ ਸਟੈਂਡ ਕਾਰਨ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਅੜਿੱਕਾ ਆਇਆ ਹੈ, ਜਿਸ ਨਾਲ ਪੰਜਾਬ ਨੂੰ ਵੱਡਾ ਨੁਕਸਾਨ ਝੱਲਣਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਜਦੋਂ ਵੀ ਸੱਤਾ ਵਿੱਚ ਰਹੀਆਂ ਹਨ ਤਾਂ ਇਨ੍ਹਾਂ ਇਕ-ਦੂਜੇ ਦੇ ਹਿੱਤਾਂ ਦੀ ਹੀ ਰਾਖੀ ਕੀਤੀ ਹੈ ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਸੱਤਾ ਸੰਭਾਲੀ, ਉਦੋਂ ਤੋਂ ਸੂਬੇ ਨੂੰ ਲੁੱਟਣ ਵਾਲਿਆਂ ਦੇ ਮਨਸੂਬਿਆਂ ਦਾ ਪਰਦਾਫ਼ਾਸ਼ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਤਬਦੀਲੀ ਤੋਂ ਘਬਰਾਏ ਇਨ੍ਹਾਂ ਆਗੂਆਂ ਨੇ ਆਪਣੇ ਵਿਚਾਰਧਾਰਕ ਵਖਰੇਵਿਆਂ ਨੂੰ ਛੱਡ ਕੇ ਸੂਬਾ ਸਰਕਾਰ ਦਾ ਵਿਰੋਧ ਕਰਨ ਲਈ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਸੁਭਾਅ ਭਾਵੇਂ ਮੂਲ ਰੂਪ ਵਿੱਚ ਇਕ-ਦੂਜੇ ਤੋਂ ਵੱਖ ਹੈ ਪਰ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਹੱਥ ਕਿਸੇ ਨਾ ਕਿਸੇ ਤਰੀਕੇ ਨਾਲ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਵਿੱਚੋਂ ਕੁੱਝ ਦੇ ਪੁਰਖਿਆਂ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਮਗਰੋਂ ਜਨਰਲ ਡਾਇਰ ਨੂੰ ਖਾਣਾ ਪਰੋਸਿਆ, ਜਦੋਂ ਕਿ ਕੁੱਝ ਆਗੂਆਂ ਦੇ ਪੁਰਖਿਆਂ ਨੇ ਪੰਜਾਬੀਆਂ ਦੇ ਸਭ ਤੋਂ ਪਵਿੱਤਰ ਧਾਰਮਿਕ ਸਥਾਨਾਂ ਉਤੇ ਟੈਂਕ ਚੜ੍ਹਾਏ, ਜਿਸ ਤੋਂ ਉਨ੍ਹਾਂ ਦੀ ਘਟੀਆ ਮਾਨਸਿਕਤਾ ਦਾ ਪਤਾ ਚਲਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਇਕੱਠ ਵਿੱਚ ਉਹ ਆਗੂ ਵੀ ਹਾਜ਼ਰ ਸਨ, ਜਿਨ੍ਹਾਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾਏ, ਜਿਸ ਕਾਰਨ ਸੂਬੇ ਦੇ ਸੈਂਕੜੇ ਬੇਕਸੂਰ ਕਿਸਾਨਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਇਨ੍ਹਾਂ ਆਗੂਆਂ ਨੇ ਉਨ੍ਹਾਂ ਵਿਅਕਤੀਆਂ ਨਾਲ ਪਲੇਟਫਾਰਮ ਸਾਂਝਾ ਕੀਤਾ, ਜਿਹੜੇ ਸ਼ਹੀਦਾਂ ਦੇ ਨਾਮ ਉਤੇ ਬਣੀਆਂ ਯਾਦਗਾਰਾਂ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਚੇਤੇ ਕਰਵਾਇਆ ਕਿ ਇਹ ਆਗੂ ਕਦੇ ਵੀ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਇਕੱਠੇ ਨਹੀਂ ਹੋਏ ਅਤੇ ਨਾ ਹੀ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਇਕੱਠ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਇਨ੍ਹਾਂ ਆਗੂਆਂ ਨੇ ਸੂਬੇ ਨਾਲ ਸਬੰਧਤ ਮਸਲਿਆਂ ਲਈ ਕਦੇ ਵੀ ਹੱਥ ਨਹੀਂ ਮਿਲਾਇਆ, ਸਗੋਂ ਇਹ ਹੁਣ ਆਪਣੀ ਚੰਮ ਬਚਾਉਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਨਾਲ ਕੋਈ ਸਰੋਕਾਰ ਨਹੀਂ ਹੈ, ਸਗੋਂ ਉਨ੍ਹਾਂ ਦਾ ਇਕ ਨੁਕਾਤੀ ਏਜੰਡਾ ਆਪਣੇ ਹਿੱਤਾਂ ਦੀ ਰਾਖੀ ਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਹਰੇਕ ਪੰਜਾਬੀ ਨੂੰ ਭਰੋਸਾ ਦਿਵਾਉਂਦੇ ਹਨ ਕਿ ਇਨ੍ਹਾਂ ਆਗੂਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਜਵਾਬਦੇਹ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਸੂਬੇ ਦੇ ਖ਼ਜ਼ਾਨੇ ਵਿੱਚੋਂ ਲੁੱਟਿਆ ਇਕ-ਇਕ ਪੈਸਾ ਮੋੜਨਾ ਪਵੇਗਾ।

Leave a Reply