ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਸ਼ੁੱਕਰਵਾਰ ਨੂੰ ਵਿਰੋਧੀ ਧਿਰ ‘ਤੇ ਮਾਨ ਸਰਕਾਰ ਦੇ ਸਾਫ਼ ਅਕਸ ਨੂੰ ਢਾਹ ਲਾਉਣ ਅਤੇ ਭੰਡੀ ਪ੍ਰਚਾਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਾਰੇ ਸਮਾਜ ਵਿਰੋਧੀ ਅਨਸਰਾਂ ਨਾਲ ਪੂਰੀ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਮੰਤਰੀ ਨੇ ਵੀਰਵਾਰ ਨੂੰ ਅਜਨਾਲਾ ਵਿਖੇ ਹਿੰਸਕ ਪ੍ਰਦਰਸ਼ਨ ਦੌਰਾਨ ਸਥਿਤੀ ਨੂੰ ਸਮਝਦਾਰੀ ਨਾਲ ਸੰਭਾਲਣ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਸੀਂ ਪੰਜਾਬ ਪੁਲਿਸ ਦੇ ਸਾਰੇ ਜਵਾਨਾਂ ਨੂੰ ਸਲਾਮ ਕਰਦੇ ਹਾਂ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੰਜਾਬ ਪੁਲਿਸ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠੇਗੀ।

ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਰਾਖੀ ਕਰਨਾ ਸਾਡਾ ਸਭ ਤੋਂ ਵੱਡਾ ਫਰਜ਼ ਹੈ ਅਤੇ ਅਸੀਂ ਇਸ ਫਰਜ਼ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ।

Leave a Reply