ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ।

ਇੱਥੇ ਜਾਰੀ ਇੱਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸੇ ਤਹਿਤ ਅੱਜ 345 ਕਰੋੜ ਰੁਪਏ ਦੀ ਰਾਸ਼ੀ ਜਾਰੀ ਹੋਣ ਉਪਰੰਤ ਖਜ਼ਾਨੇ ਕੋਲ ਕਿਸੇ ਵੀ ਕੇਂਦਰੀ ਸਪਾਂਸਰਡ ਸਕੀਮ (ਸੀ.ਐਸ.ਐਸ.) ਜਾਂ ਇਸ ਦੇ ਸਬੰਧਤ ਸੂਬੇ ਦੇ ਹਿੱਸੇ ਸਬੰਧੀ ਕੋਈ ਬਕਾਇਆ ਨਹੀਂ ਹੈ। ਉਨ੍ਹਾਂ ਸਬੰਧਤ ਵਿਭਾਗਾਂ ਹਦਾਇਤ ਕੀਤੀ ਕਿ ਇਨ੍ਹਾਂ ਫੰਡਾਂ ਦੀ ਸਮਾਂਬੱਧ ਢੰਗ ਨਾਲ ਵਰਤੋਂ ਕੀਤੀ ਜਾਵੇ ਨਾ ਕਿ ਵਿੱਤੀ ਸਾਲ ਦੇ ਆਖੀਰ ਤੱਕ ਇੰਤਜ਼ਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਅਣ-ਵਰਤੋਂ ਕਾਰਨ ਫੰਡਾਂ ਦੇ ਲੈਪਸ ਹੋਣ ਵਾਲੇ ਮਾਮਲਿਆਂ ਨੂੰ ਵਿੱਤ ਵਿਭਾਗ ਵੱਲੋਂ ਗੰਭੀਰਤਾ ਨਾਲ ਲਿਆ ਜਾਵੇਗਾ।

ਹੋਰ ਵੱਖ-ਵੱਖ ਸਕੀਮਾਂ ਲਈ ਜਾਰੀ ਕੀਤੇ ਫੰਡਾਂ ਸਬੰਧੀ ਵੇਰਵੇ ਦਿੰਦਿਆਂ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ‘ਮੇਜਰ ਵਰਕਸ’ ਹੈੱਡ ਤਹਿਤ 240 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਨੇ ਮਿਲਕਫੈੱਡ ਨੂੰ 36 ਕਰੋੜ ਰੁਪਏ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ 25 ਕਰੋੜ ਰੁਪਏ ਜਾਰੀ ਕੀਤੇ ਹਨ।

ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਸੂਬੇ ਦੇ ਅਰਥਚਾਰੇ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ।

Leave a Reply