ਜਲੰਧਰ: ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਤੋਂ ਪਹਿਲਾਂ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਜਲੰਧਰ ਦੇ ਵੋਟਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਚੋਣ ਬੂਥ ‘ਤੇ ਪਹੁੰਚਣ ਅਤੇ ਈਵੀਐਮ ਬਟਨ ਦਬਾਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਅਤੇ ਮਾੜੇ ਇਰਾਦਿਆਂ ਦਾ ਮੁਲਾਂਕਣ ਕਰਨ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਜਲੰਧਰ ਦੇ ਵੋਟਰਾਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਵੱਲੋਂ ਉਨ੍ਹਾਂ ਦੇ ਮੋਢਿਆਂ ‘ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਕਿ ਉਹ ਅਤਿ-ਅਣਮਨੁੱਖੀ, ਬਚਕਾਨੀ ਅਤੇ ਪੰਜਾਬ ਵਿਰੋਧੀ ਸਰਕਾਰ ਨੂੰ ਸਬਕ ਸਿਖਾਉਣ।

“ਮੈਂ ‘ਆਪ’ ਨੂੰ ਇੱਕ ਅਣਮਨੁੱਖੀ ਸਰਕਾਰ ਕਰਾਰ ਦੇ ਰਿਹਾ ਹਾਂ ਕਿਉਂਕਿ ਕੋਈ ਵੀ ਮਨੁੱਖੀ ਕਦਰਾਂ ਕੀਮਤਾਂ ਵਾਲੀ ਸਰਕਾਰ ਕਦੇ ਇਹ ਸੋਚ ਵੀ ਨਹੀਂ ਸਕਦੀ ਸੀ ਜੋ ਉਨ੍ਹਾਂ ਨੇ ਜਲੰਧਰ ਦੇ ਲਤੀਫਪੁਰਾ ਇਲਾਕੇ ਵਿੱਚ ਕੀਤਾ। ਉਨ੍ਹਾਂ ਨੇ ਸਰਦੀਆਂ ਦੀ ਦਹਿਲੀਜ਼ ‘ਤੇ ਗ਼ਰੀਬ ਲੋਕਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਇਆ। ਔਰਤਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਸਮੇਤ ਸੈਂਕੜੇ ਪਰਿਵਾਰਾਂ ਨੂੰ ਆਪਣੇ ਸਿਰਾਂ ‘ਤੇ ਪਨਾਹਗਾਹਾਂ ਤੋਂ ਬਿਨਾਂ ਠੰਢੀਆਂ ਰਾਤਾਂ ਬਿਤਾਉਣ ਲਈ ਮਜਬੂਰ ਹੋਣਾ ਪਿਆ। ਬਾਜਵਾ ਨੇ ਅੱਗੇ ਕਿਹਾ ਕਿ ਕੋਈ ਵੀ ਪੰਜਾਬੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਵਾਰ ਪ੍ਰਤੀ ‘ਆਪ’ ਸਰਕਾਰ ਦੀ ਅਸੰਵੇਦਨਸ਼ੀਲ ਪਹੁੰਚ ਨੂੰ ਕਦੇ ਵੀ ਭੁਲਾ ਨਹੀਂ ਸਕਦਾ ਅਤੇ ਮੁਆਫ਼ ਨਹੀਂ ਕਰ ਸਕਦਾ, ਜੋ ਉਸ ਦੇ ਕਤਲ ਦੇ ਇੱਕ ਸਾਲ ਬਾਅਦ ਵੀ ਨਿਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰ ਰਹੇ ਹਨ।

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ਦੇ ਆਰਥਿਕ ਮਾਮਲਿਆਂ ਨੂੰ ਬਿਲਕੁਲ ਬਚਕਾਨੇ ਤਰੀਕੇ ਨਾਲ ਸੰਭਾਲ ਰਹੀ ਹੈ। ਜਦੋਂ ਤੋਂ ‘ਆਪ’ ਸੱਤਾ ‘ਤੇ ਕਾਬਜ਼ ਹੋਈ ਹੈ, ਉਦੋਂ ਤੋਂ ਹੀ ਸੂਬੇ ਵਿੱਚ ਆਰਥਿਕ ਹਫੜਾ-ਦਫੜੀ ਮਚੀ ਹੋਈ ਹੈ। ਉਹ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਾਅਦੇ ਅਨੁਸਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ 34,000 ਕਰੋੜ ਰੁਪਏ ਤੇ ਰੇਤ ਦੀ ਖ਼ੁਦਾਈ ਤੋਂ 20,000 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਵਿੱਚ ਅਸਫਲ ਰਹੇ ਹਨ। ‘ਆਪ’ ਦੇ ਇੱਕ ਸਾਲ ਦੇ ਸ਼ਾਸਨਕਾਲ ‘ਚ ਪੰਜਾਬ ਦਾ ਕੁੱਲ ਕਰਜ਼ਾ 3 ਲੱਖ ਕਰੋੜ ਰੁਪਏ ਦਾ ਅੰਕੜਾ ਪਾਰ ਕਰ ਗਿਆ ਹੈ। ਉਦਯੋਗਪਤੀ ਯੂ ਪੀ ਵਰਗੇ ਸੂਬਿਆਂ ਵਿੱਚ ਚਲੇ ਗਏ ਹਨ।

“ਉਨ੍ਹਾਂ ਨੂੰ ਪੰਜਾਬ ਵਿਰੋਧੀ ਸਰਕਾਰ ਕਹਿਣਾ ਕੋਈ ਅਤਿਕਥਨੀ ਨਹੀਂ ਹੈ। ਪੰਜਾਬ ਦੇ ਸੀ ਐੱਮ ਭਗਵੰਤ ਮਾਨ ਅਸਲ ‘ਚ ਰਬੜ ਦੀ ਮੋਹਰ ਤੋਂ ਵੱਧ ਕੁੱਝ ਵੀ ਨਹੀਂ ਹਨ। ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਦੇ ਅਸਲ ਮੁੱਖ ਮੰਤਰੀ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਸ਼ਵਾਸਪਾਤਰ, ਨਵਲ ਅਗਰਵਾਲ ਗੈਰ-ਕਾਨੂੰਨੀ ਢੰਗ ਨਾਲ ਪੰਜਾਬ ਦੇ ਨੌਕਰਸ਼ਾਹਾਂ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਤਰਾਂ ਸੇਵਾ ਮੁਕਤ ਆਈਏਐਸ ਅਧਿਕਾਰੀ ਦਿੱਲੀ ਦੇ ਡਾ ਸਤਬੀਰ ਬੇਦੀ ਨੂੰ ਪੀਐਸਈਬੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਦਰਿਆਈ ਪਾਣੀਆਂ ਅਤੇ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਬਾਰੇ ਰਣਨੀਤਕ ਸਟੈਂਡ ਲੈਣ ਵਿੱਚ ਅਸਫਲ ਰਹੇ” ਬਾਜਵਾ ਨੇ ਕਿਹਾ।

ਬਾਜਵਾ ਨੇ ਕਿਹਾ ਕਿ ‘ਆਪ’ ਦੇ ਇੱਕ ਸਾਲ ਦੇ ਰਾਜ ਵਿਚ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰਾਂ ਢਹਿ-ਢੇਰੀ ਹੋ ਚੁੱਕੀ ਹੈ।

Leave a Reply